ਅਗਲੇ ਡੇਢ ਸਾਲ ਵਿੱਚ 1 ਲੱਖ ਸਰਕਾਰੀ ਨੌਕਰੀਆਂ ਕੱਢੇਗੀ ਕੈਪਟਨ ਸਰਕਾਰ, ਰਹੋ ਤਿਆਰ

0
24630

ਪਟਿਆਲਾ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਅਗਲੇ ਡੇਢ ਸਾਲ ਵਿੱਚ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਵਿਚ 50,000 ਭਰਤੀਆਂ ਮਾਰਚ 2021 ਤੱਕ ਅਤੇ ਬਾਕੀ 50,000 ਮਾਰਚ 2022 ਤੱਕ ਕੀਤੀਆਂ ਜਾਣਗੀਆਂ।

ਪਟਿਆਲੇ ‘ਚ 6ਵੇਂ ਸੂਬਾ ਪੱਧਰੀ ਮੇਗਾ ਰੋਜ਼ਗਾਰ ਮੇਲੇ ਦੀ ਸਮਾਪਤੀ ’ਤੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਐਲਾਨ ਵੇਲੇ ਉਨ੍ਹਾਂ ਦੇ ਨਾਲ ਕਾਂਗਰਸ ਲੀਡਰ ਰਾਹੁਲ ਗਾਂਧੀ ਵੀ ਮੌਜੂਦ ਸਨ।

ਸੀਐਮ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਘਰ-ਘਰ ਰੋਜ਼ਗਾਰ ਸਕੀਮ ਤਹਿਤ ਪਿਛਲੇ 3.5 ਸਾਲਾਂ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਸੇਵਾਵਾਂ ਰਾਹੀਂ 13.42 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਹਨ। ਇਨਾਂ ਵਿੱਚੋਂ 50,000 ਸਰਕਾਰੀ ਅਤੇ 4.04 ਲੱਖ ਪ੍ਰਾਈਵੇਟ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਲਗਭਗ 8.80 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਹੂਲਤਾਵਾਂ ਦਿੱਤੀਆਂ ਗਈਆਂ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਰੂਪ ਵਿੱਚ ਖੇਤੀਬਾੜੀ ਅਰਥਚਾਰਾ ਹੋਣ ਦੇ ਬਾਵਜੂਦ ਪੰਜਾਬ ਨੇ ਇੱਕ ਵਾਰ ਛੋਟੇ ਅਤੇ ਦਰਮਿਆਨੇ ਉਦੋਯਗ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਚੁੱਕਾ ਹੈ। ਮੌਜੂਦਾ ਸਰਕਾਰ ਨੇ ਪੰਜਾਬ ਵਿਚ ਛੋਟੀਆਂ ਅਤੇ ਸੂਖਮ ਉਦਯੋਗਿਕ ਇਕਾਈਆਂ ਨੂੰ ਪ੍ਰਫੁੱਲਿਤ ਕਰਨਾ ਜਾਰੀ ਰੱਖਿਆ ਹੈ ਜੋ ਕਿ ਰੋਜ਼ਗਾਰ ਪੈਦਾ ਕਰਨ ਸਬੰਧੀ ਵੱਡੀ ਸੰਭਾਵਨਾ ਰੱਖਦੇ ਹਨ। ਉਨਾਂ ਦੱਸਿਆ ਕਿ ਮਾਈਕ੍ਰੋਸਾਫਟ ਵਰਗੀ ਵਿਸ਼ਵ ਪ੍ਰਸਿੱਧ ਕੰਪਨੀ ਨੇ ਵੀ ਇੱਕ ਛੋਟੀ ਜਿਹੀ ਕੰਪਨੀ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ ਸੀ ਅਤੇ ਪੰਜਾਬ ਦੀਆਂ ਇਹ ਛੋਟੀਆਂ ਇਕਾਈਆਂ ਵੀ ਨਵੀਨਤਾਕਾਰੀ ਅਤੇ ਮਿਹਨਤੀ ਨੌਜਵਾਨਾਂ ਦੀ ਅਗਵਾਈ ਵਿੱਚ ਵੱਡੀਆਂ ਕੰਪਨੀਆਂ ਬਣਨਗੀਆਂ।

ਰਾਹੁਲ ਗਾਂਧੀ ਨੇ ਦੇਸ਼ ਵਿੱਚ ਸੰਤੁਲਿਤ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਉਦਯੋਗ ਵਿੱਚ ਪੂਰਨ ਤਾਲਮੇਲ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਖੇਤੀਬਾੜੀ ਦੇ ਮਾਰੂ ਕਾਨੂੰਨਾਂ ਨੂੰ ਲਿਆਉਣ ਦੀ ਬਜਾਏ ਕੇਂਦਰ ਨੂੰ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਧੀਆ ਬੁਨਿਆਦੀ ਢਾਂਚਾ ਅਤੇ ਪ੍ਰਣਾਲੀ ਤਿਆਰ ਕਰਕੇ ਕਿਸਾਨਾਂ ਦੀ ਸਹਾਇਤਾ ਕਰਨੀ ਚਾਹੀਦੀ ਸੀ।

ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੌਰਾਨ ਪ੍ਰਾਈਵੇਟ ਖੇਤਰ ਦੀਆਂ 1.43 ਲੱਖ ਨੌਕਰੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਨੌਕਰੀ ਦੀ ਭਾਲ ਕਰਨ ਵਾਲੇ 93,593 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਲਗਭਗ ਰੋਜ਼ਗਾਰ ਦੇ ਚਾਹਵਾਨ 9.5 ਲੱਖ ਨੌਜਵਾਨਾਂ ਨੂੰ ‘ਘਰ ਘਰ ਰੋਜ਼ਗਾਰ’ ਪੋਰਟਲ ਰਾਹੀਂ ਰਜਿਸਟਰਡ ਕੀਤਾ ਗਿਆ।

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ 15 ਦਸੰਬਰ, 2020 ਤੱਕ ਮੈਗਾ ਰੋਜ਼ਾਗਰ ਲੋਨ ਮੇਲੇ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾ ਕੇ ਸਵੈ-ਰੋਜ਼ਗਾਰ ਦੇ ਉੱਦਮਾਂ ਨੂੰ ਹੁਲਾਰਾ ਦਿੱਤਾ ਜਾ ਸਕੇ।

VIDEO

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ https://bit.ly/3kWO28a
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ https://bit.ly/2RFjUBRLEAVE A REPLY

Please enter your comment!
Please enter your name here