ਆਟਾ-ਦਾਲ ਸਕੀਮ ਦਾ ਲਾਭ ਲੈਣ ਵਾਲੇ 70 ਹਜ਼ਾਰ ਲਾਭਪਾਤਰੀ ਨਿਕਲੇ ਅਯੋਗ, ਵੱਡੀ ਗਿਣਤੀ ‘ਚ ਰਸੂਖਦਾਰ, ਕੱਲ ਕਾਰਵਾਈ ਲਈ ਸੱਦੀ ਮੀਟਿੰਗ

0
14766

ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਆਟਾ-ਦਾਲ ਸਕੀਮ ਦੀ ਪੜਤਾਲ ਦਾ ਕੰਮ ਅੱਜ ਮੁਕੰਮਲ ਹੋਣ ਜਾ ਰਿਹਾ ਹੈ। ਇਸ ਪੜਤਾਲ ਵਿਚ ਕਰੀਬ 70 ਹਜ਼ਾਰ ਲਾਭਪਾਤਰੀ ਅਯੋਗ ਪਾਏ ਗਏ ਅਤੇ ਇਨ੍ਹਾਂ ਲਾਭਪਾਤਰੀਆਂ ਵਿਚੋਂ ਜ਼ਿਆਦਾਤਰ ਰਸੂਖਦਾਰ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਆਟਾ-ਦਾਲ ਸਕੀਮ ਦਾ ਲਾਭ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਗਿਆ ਜੋ ਇਸ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ।

ਖ਼ੁਰਾਕ ਅਤੇ ਸਪਲਾਈਜ਼ ਵਿਭਾਗ ਨੇ 5 ਸਤੰਬਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਅਯੋਗ ਲਾਭਪਾਤੀਆਂ ਦੇ ਨਾਂਅ ਕੱਟਣ ਦੇ ਹੁਕਮ ਦਿੱਤੇ ਸਨ। ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ ਖਤਮ ਹੋਣ ਮਗਰੋਂ ਵਿਭਾਗ ਵੱਲੋਂ 1 ਫਰਵਰੀ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਯੋਗ ਲਾਭਪਾਤਰੀਆਂ ਬਾਰੇ ਚਰਚਾ ਹੋਵੇਗੀ।


ਪਠਾਨਕੋਟ ਵਿਚ 61.34 ਫ਼ੀਸਦੀ ਪੜਤਾਲ ’ਚ 4805 ਲਾਭਪਾਤਰੀ ਅਯੋਗ ਪਾਏ ਗਏ ਅਤੇ ਮਾਲੇਰਕੋਟਲਾ ਵਿਚ 57.96 ਫ਼ੀਸਦੀ ਪੜਤਾਲ ਹੋ ਚੁੱਕੀ ਹੈ ਅਤੇ ਜ਼ਿਲੇ ਵਿਚ 1912 ਲਾਭਪਾਤਰੀ ਅਯੋਗ ਨਿਕਲੇ। ਪੜਤਾਲ ਦੌਰਾਨ ਸਭ ਤੋਂ ਜ਼ਿਆਦਾ ਅਯੋਗ ਲਾਭਪਾਤਰੀ 11560 ਬਠਿੰਡਾ ਵਿਚ ਪਾਏ ਗਏ। ਦੱਸ ਦੇਈਏ ਕਿ ਮੌਜੂਦਾ ਸਮੇਂ ਵਿਚ ਸੂਬੇ ’ਚ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਯੋਗ ਪਾਏ ਗਏ 3,82,090 ਰਾਸ਼ਨ ਕਾਰਡ ਕੱਟ ਦਿੱਤੇ ਗਏ ਸਨ।

ਪੰਜਾਬ ਵਿਚ 40.68 ਲੱਖ ਸਮਾਰਟ ਰਾਸ਼ਨ ਕਾਰਡ ਹਨ ਜਿਨ੍ਹਾਂ ’ਚੋਂ 9.61 ਲੱਖ ਕਾਰਡਾਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ। ਪੜਤਾਲ ਵਾਲੇ ਰਾਸ਼ਨ ਕਾਰਡਾਂ ’ਚੋਂ 68,800 ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜਿਸ ਅਨੁਸਾਰ ਕਰੀਬ 7.15 ਫ਼ੀਸਦੀ ਰਾਸ਼ਨ ਕਾਰਡ ਅਯੋਗ ਨਿਕਲੇ ਹਨ। ਇਨ੍ਹਾਂ ਕਾਰਡਾਂ ’ਤੇ ਕਰੀਬ ਪੌਣੇ ਤਿੰਨ ਲੱਖ ਲਾਭਪਾਤਰੀ ਅਨਾਜ ਲੈ ਰਹੇ ਸਨ। 20 ਜਨਵਰੀ ਤੱਕ ਹੋਈ ਪੜਤਾਲ ਅਨੁਸਾਰ ਮਾਨਸਾ ਵਿਚ ਸਭ ਤੋਂ ਜ਼ਿਆਦਾ 65.22 ਫ਼ੀਸਦੀ ਕੰਮ ਮੁਕੰਮਲ ਹੋਇਆ ਹੈ ਅਤੇ ਜ਼ਿਲੇ ਵਿਚ 3689 ਲਾਭਪਾਤਰੀ ਅਯੋਗ ਨਿਕਲੇ।