ਪਿਆਕੜਾਂ ਨੂੰ ਮੌਜਾਂ : ਗੁਆਂਢੀ ਸੂਬਿਆਂ ਵਾਂਗ ਘੱਟ ਹੋਣਗੀਆਂ ਸ਼ਰਾਬ ਦੀਆਂ ਕੀਮਤਾਂ

0
6132

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਨੇ ਅੱਜ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ 9647.85 ਕਰੋੜ ਰੁਪਏ ਦਾ ਮਾਲੀਆ ਪੈਦਾ ਹੋਣ ਦੀ ਸੰਭਾਵਨਾ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ‘ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਨੀਤੀ ਨਾਲ ਪੰਜਾਬ ‘ਚ ਗੁਆਂਢੀ ਸੂਬਿਆਂ ਤੋਂ ਹੁੰਦੀ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ‘ਚ ਮਦਦ ਮਿਲੇਗੀ। ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸ਼ਰਾਬ ਕਾਰੋਬਾਰ ‘ਚ ਲੱਗੇ ਮਾਫ਼ੀਆ ਦੇ ਗਠਜੋੜ ਨੂੰ ਤੋੜਨਾ ਹੈ

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵੀਂ ਆਬਕਾਰੀ ਨੀਤੀ ਦਾ ਉਦੇਸ਼ ਸਾਲ 2022-23 ਵਿਚ 9647.85 ਕਰੋੜ ਰੁਪਏ ਇਕੱਤਰ ਕਰਨਾ ਹੈ। ਇਹ ਨੀਤੀ ਇਕ ਜੁਲਾਈ, 2022 ਤੋਂ 31 ਮਾਰਚ, 2023 ਤੱਕ 9 ਮਹੀਨਿਆਂ ਦੇ ਸਮੇਂ ਲਈ ਲਾਗੂ ਰਹੇਗੀ।

ਨਵੀਂ ਆਬਕਾਰੀ ਨੀਤੀ ਈ-ਟੈਂਡਰਿੰਗ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਰਾਹੀਂ 177 ਗਰੁੱਪਾਂ ਨੂੰ ਅਲਾਟ ਕਰਕੇ ਸ਼ਰਾਬ ਦੇ ਕਾਰੋਬਾਰ ਦੀ ਅਸਲ ਸਮਰੱਥਾ ਦਾ ਪਤਾ ਲਾਉਣ ਦਾ ਉਦੇਸ਼ ਨਿਰਧਾਰਤ ਕਰਦੀ ਹੈ।

ਇਕ ਗਰੁੱਪ ਦਾ ਆਮ ਆਕਾਰ ਲਗਭਗ 30 ਕਰੋੜ ਹੋਵੇਗਾ ਅਤੇ ਪੰਜਾਬ ‘ਚ 6378 ਠੇਕੇ ਹੋਣਗੇ। ਪੀ.ਐੱਮ.ਐੱਲ. ਨੂੰ ਛੱਡ ਕੇ ਹਰ ਕਿਸਮ ਦੀ ਸ਼ਰਾਬ ਦੀ ਆਬਕਾਰੀ ਡਿਊਟੀ ਥੋਕ ਕੀਮਤ ਦੀ ਇਕ ਫੀਸਦੀ ਦੇ ਹਿਸਾਬ ਨਾਲ ਵਸੂਲੀ ਜਾਵੇਗੀ। ਸ਼ਰਾਬ ਦੀਆਂ ਕੀਮਤਾਂ ਹੁਣ ਲੱਗਭਗ ਗੁਆਂਢੀ ਸੂਬਿਆਂ ਦੇ ਬਰਾਬਰ ਹੋਣਗੀਆਂ।