ਵਿਜੀਲੈਂਸ ਨੇ ਰਜਿਸਟਰਾਰ ਦਫ਼ਤਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

0
1258

ਚੰਡੀਗੜ੍ਹ/ਲੂਧਿਆਣਾ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਬ-ਰਜਿਸਟਰਾਰ (ਪੂਰਬੀ) ਦਫ਼ਤਰ, ਲੁਧਿਆਣਾ ਵਿਖੇ ਕੰਮ ਕਰ ਰਹੇ ਸੁਖਮਨੀ ਸਿੰਘ ਐਡਵੋਕੇਟ ਨੂੰ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜਗੀਰਪੁਰ, ਰਾਹੋ ਰੋਡ, ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਦੋਸ਼ੀ ਕਰਮਚਾਰੀ ਉਸਦੀ ਨਵੀਂ ਦੁਕਾਨ ਦੇ ਇੰਤਕਾਲ ਲਈ 21,500 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਦੱਸਆ ਕਿ ਉਸਨੇ ਪਹਿਲੀ ਕਿਸ਼ਤ ਵਜੋਂ 6,000 ਰੁਪਏ ਪਹਿਲਾਂ ਹੀ ਉਕਤ ਕਰਮਚਾਰੀ ਨੂੰ ਅਦਾ ਕਰ ਦਿੱਤੇ ਹਨ।

ਉਸਦੀ ਜਾਣਕਾਰੀ ਦੀ ਪੜਚੋਲ ਕਰਨ ਤੋਂ ਬਾਅਦ ਲੁਧਿਆਣਾ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਸੁਖਮਨੀ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਦੇ 9,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਖਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜੇ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।